- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁੱਖ ਮੰਤਰੀ ਵੱਲੋਂ ਸ਼ਹਿਰੀ ਤੇ ਪੇਂਡੂ ਵਾਤਾਵਰਣ ਸੁਧਾਰ ਪ੍ਰੋਗਰਾਮ ਲਈ 1500 ਕਰੋੜ ਰੁਪਏ ਦਾ ਐਲਾਨ
ਬਜਟ ਤੋਂ ਪਹਿਲਾਂ ਵਿਚਾਰ-ਵਟਾਂਦਰਾ ਮੀਟਿੰਗ ਦੌਰਾਨ ਮਾਝੇ ਦੇ ਕਾਂਗਰਸੀ ਵਿਧਾਇਕਾਂ ਪਾਸੋਂ ਸੁਝਾਅ ਮੰਗੇ
ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਲਈ ਸ਼ਹਿਰੀ ਅਤੇ ਪੇਂਡੂ ਵਾਤਾਵਰਣ ਸੁਧਾਰ ਪ੍ਰੋਗਰਾਮ ਦਾ ਐਲਾਨ ਕੀਤਾ ਜੋ 1500 ਕਰੋੜ ਰੁਪਏ ਦੀ ਲਾਗਤ ਨਾਲ ਪੜਾਅਵਾਰ ਚਲਾਇਆ ਜਾਵੇਗਾ।ਕਾਂਗਰਸ ਪਾਰਟੀ ਦੇ ਮਾਝਾ ਖਿੱਤੇ ਦੇ ਵਿਧਾਇਕਾਂ ਅਤੇ ਸਰਕਾਰ ਦੇ ਉਚ ਅਧਿਕਾਰੀਆਂ ਨਾਲ ਬਜਟ ਤੋਂ ਪਹਿਲਾਂ ਵਿਚਾਰ-ਵਟਾਂਦਰੇ ਦੌਰਾਨ ਇਹ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਚੁਣੇ ਹੋਏ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਵਿਕਾਸ ਦੇ ਰਾਹ ਵਿੱਚ ਫੰਡ ਦੀ ਕਿਸੇ ਤਰ੍ਹਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।ਮੁੱਖ ਮੰਤਰੀ ਨੇ ਕਿਹਾ ਕਿ 1500 ਕਰੋੜ ਰੁਪਏ ਵਿੱਚੋਂ 1000 ਕਰੋੜ ਰੁਪਏ ਪੇਂਡੂ ਬੁਨਿਆਦੀ ਢਾਂਚੇ ਦੇ ਸੁਧਾਰ ‘ਤੇ ਖਰਚੇ ਜਾਣਗੇ ਜਦਕਿ ਬਾਕੀ 500 ਕਰੋੜ ਰੁਪਏ ਸ਼ਹਿਰੀ ਬੁਨਿਆਦੀ ਢਾਂਚੇ ਲਈ ਵਰਤਿਆ ਜਾਵੇਗਾ ਤਾਂ ਕਿ ਨਾਗਰਿਕਾਂ ਨੂੰ ਵਧੀਆ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਏ ਜਾਣ ਨੂੰ ਯਕੀਨੀ ਬਣਾਇਆ ਜਾ ਸਕੇ। ਪੰਜਾਬ ਭਵਨ ਵਿਖੇ ਹੋਈ ਇਸ ਮੀਟਿੰਗ ਦੌਰਾਨ ਮਾਝਾ ਖਿੱਤੇ ਦੇ ਵਿਧਾਇਕਾਂ ਨੇ ਆਪੋ-ਆਪਣੇ ਹਲਕੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਬਜਟ ਤਜਵੀਜ਼ਾਂ ‘ਤੇ ਆਪਣੇ ਵਿਚਾਰ ਰੱਖੇ।ਸੂਬਾ ਸਰਕਾਰ ਵੱਲੋਂ ਮਾਝਾ, ਦੋਆਬਾ, ਮਾਲਵਾ-1 ਅਤੇ ਮਾਲਵਾ-2 ਦੇ ਕਾਂਗਰਸ ਪਾਰਟੀ ਦੇ ਵਿਧਾਇਕਾਂ ਨਾਲ ਸਲਾਹ-ਮਸ਼ਵਰੇ ਦਾ ਚਾਰ ਪੜਾਵੀ ਪ੍ਰੋਗਰਾਮ ਉਲੀਕਿਆ ਗਿਆ ਹੈ। ਪ੍ਰੋਗਰਾਮ ਮੁਤਾਬਕ ਵੀਰਵਾਰ ਨੂੰ ਦੋਆਬੇ ਦੇ ਵਿਧਾਇਕਾਂ, ਸ਼ੁੱਕਰਵਾਰ ਨੂੰ ਮਾਲਵਾ-1 ਦੇ ਪਟਿਆਲਾ, ਫਤਹਿਗੜ੍ਹ ਸਾਹਿਬ, ਲੁਧਿਆਣਾ, ਮੋਹਾਲੀ, ਰੋਪੜ, ਬਰਨਾਲਾ ਜ਼ਿਲ੍ਹਿਆਂ ਦੇ ਵਿਧਾਇਕਾਂ ਅਤੇ ਸ਼ਨਿਚਰਵਾਰ ਨੂੰ ਮਾਲਵਾ-2 ਦੇ ਸੰਗਰੂਰ, ਬਠਿੰਡਾ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਮੋਗਾ ਜ਼ਿਲ੍ਹਿਆਂ ਦੇ ਵਿਧਾਇਕਾਂ ਨਾਲ ਮੀਟਿੰਗਾਂ ਹੋਣਗੀਆਂ।ਮਾਝੇ ਦੇ ਵਿਧਾਇਕਾਂ ਦੀਆਂ ਮੰਗਾਂ ‘ਤੇ ਹੁੰਗਾਰਾ ਭਰਦਿਆਂ ਮੁੱਖ ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਸਮਾਰਟ ਪਿੰਡ ਮੁਹਿੰਮ ਨੂੰ ਉਤਸ਼ਾਹਤ ਕਰਨ ਲਈ ਪ੍ਰੋਗਰਾਮ ਅਤੇ ਸਕੀਮਾਂ ਉਭਾਰਨ ਅਤੇ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਚਲਾਉਣ ਦੇ ਹੁਕਮ ਦਿੱਤੇ। ਉਨ੍ਹਾਂ ਨੇ ਸੂਬਾ ਕਮੇਟੀ ਦੀ ਅਗਲੀ ਮੀਟਿੰਗ ਦੌਰਾਨ ਇਸ ਸਬੰਧ ਵਿਸਥਾਰਤ ਤਜਵੀਜ਼ਾਂ ਪੇਸ਼ ਕਰਨ ਲਈ ਆਖਿਆ।ਮੀਟਿੰਗ ਵਿੱਚ ਹਾਜ਼ਰ ਵਿਧਾਇਕਾਂ ਨੇ ਸਰਕਾਰ ਵੱਲੋਂ ਕਰਜ਼ਾ ਮੁਆਫੀ ਬਾਰੇ ਕੀਤੇ ਕਾਰਜਾਂ ਦੀ ਸ਼ਲਾਘਾ ਕੀਤੀ। ਇਸ ਸਕੀਮ ਤਹਿਤ ਮਾਰਚ, 2019 ਤੱਕ 7 ਲੱਖ ਕਿਸਾਨਾਂ ਦਾ 6000 ਕਰੋੜ ਰੁਪਏ ਦਾ ਕਰਜ਼ਾ ਮੁਆਫ ਹੋ ਜਾਵੇਗਾ। ਉਨ੍ਹਾਂ ਨੇ ਪਿਛਲੇ ਦੋ ਸਾਲਾਂ ਦੌਰਾਨ ਮਨਰੇਗਾ ਅਧੀਨ 1438 ਕਰੋੜ ਰੁਪਏ ਦੇ ਹੋਏ ਵਿਕਾਸ ਕੰਮਾਂ ਦੀ ਵੀ ਪ੍ਰਸੰਸਾ ਕੀਤੀ।ਵਿਚਾਰ-ਚਰਚਾ ਵਿੱਚ ਹਿੱਸਾ ਲੈਂਦਿਆਂ ਵਿਧਾਇਕਾਂ ਨੇ ਸੜਕਾਂ ਤੇ ਪੁਲਾਂ ਨੂੰ ਮਜ਼ਬੂਤ ਕਰਨ, ਕਰਜ਼ਾ ਮੁਆਫੀ ਦੀ ਰਾਸ਼ੀ ਵੰਡਣ ਦੇ ਕੰਮ ਵਿੱਚ ਤੇਜ਼ੀ ਲਿਆਉਣ, ਬੇਜ਼ਮੀਨੇ ਕਾਮਿਆਂ ਲਈ ਨਵੀਂ ਕਰਜ਼ਾ ਮੁਆਫੀ ਸਕੀਮ ਲਾਗੂ ਕਰਨ ਅਤੇ ਪੇਂਡੂ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਮਨਰੇਗਾ ਫੰਡ ਦੀ ਵੱਧ ਤੋਂ ਵੱਧ ਵਰਤੋਂ ਕਰਨ ਸਮੇਤ ਮੁੱਖ ਸੁਝਾਅ ਪੇਸ਼ ਕੀਤੇ। ਵਿਧਾਇਕਾਂ ਨੇ ਇਹ ਵੀ ਸੁਝਾਅ ਦਿੱਤਾ ਕਿ ਬਿਹਤਰ ਢੰਗ ਨਾਲ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਸ਼ਹਿਰੀ ਬੁਨਿਆਦੀ ਢਾਂਚੇ ‘ਚ ਸੁਧਾਰ ਲਈ ਨਿੱਗਰ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਡੇਰਾ ਬਾਬਾ ਨਾਨਕ ਦੇ ਇਲਾਕੇ ਅਤੇ ਕਰਤਾਰਪੁਰ ਲਾਂਘੇ ਦੇ ਸਰਬਪੱਖੀ ਵਿਕਾਸ ਲਈ ਲੋੜੀਂਦੇ ਕਦਮ ਚੁੱਕਣ ਤੋਂ ਇਲਾਵਾ ਪਵਿੱਤਰ ਨਗਰ ਸੁਲਤਾਨਪੁਰ ਲੋਧੀ ਦੇ ਬੁਨਿਆਦੀ ਢਾਂਚੇ ਨੂੰ ਸੰਵਾਰਨ ਦੀ ਵੀ ਮੰਗ ਕੀਤੀ।ਗੁਰਦਾਸਪੁਰ ਤੋਂ ਮੈਂਬਰ ਲੋਕ ਸਭਾ ਸੁਨੀਲ ਜਾਖੜ ਨੇ ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ਦੀ ਗੱਲ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਅੰਮ੍ਰਿਤਸਰ ਨੂੰ ਦੁਨੀਆ ਵਿੱਚ ਇਕ ਅਤਿ ਸੁੰਦਰ ਅਤੇ ਨਮੂਨੇ ਦੇ ਸ਼ਹਿਰ ਵਜੋਂ ਵਿਕਸਿਤ ਕਰਨ ਦੇ ਮਕਸਦ ਨਾਲ ਵਿਸ਼ੇਸ਼ ਫੰਡ ਮੁਹੱਈਆ ਕਰਵਾਏ ਜਾਣ। ਉਨ੍ਹਾਂ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਦੀ ਕਾਇਆ ਕਲਪ ਅਤੇ ਲੋੜੀਂਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾ ਕੇ ਇਸ ਵੱਕਾਰੀ ਹਸਪਤਾਲ ਦੇ ਪੱਧਰ ਵਿੱਚ ਹੋਰ ਸੁਧਾਰ ਲਿਆਉਣ ਦੀ ਲੋੜ ‘ਤੇ ਵੀ ਜ਼ੋਰ ਦਿੱਤਾ।ਵਿਧਾਇਕ ਰਾਜ ਕੁਮਾਰ ਵੇਰਕਾ ਨੇ ਨੌਜਵਾਨਾਂ ਲਈ ਰੁਜ਼ਗਾਰ ਪੈਦਾ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਕਿਸਾਨਾਂ ਦੀ ਆਮਦਨ ਵਿੱਚ ਸੌਰ ਊਰਜਾ ਉਤਪਾਦਨ ਦੇ ਖੇਤਰ ਵਿੱਚ ਰਿਆਇਤਾਂ ਪ੍ਰਦਾਨ ਕਰ ਕੇ ਵਾਧਾ ਕੀਤਾ ਜਾ ਸਕਦਾ ਹੈ।ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਸੂਬੇ ਅੰਦਰ ਸਿੱਖਿਆ ਅਤੇ ਸਿਹਤ ਖੇਤਰਾਂ ਵੱਲ ਵਿਸ਼ੇਸ਼ ਤਵੱਜੋਂ ਦੇਣ ਦੀ ਗੱਲ ਕਰਦਿਆਂ ਕਿਹਾ ਕਿ ਇਨ੍ਹਾਂ ਸੰਸਥਾਵਾਂ ਖਾਸਕਰ ਪੇਂਡੂ ਖੇਤਰਾਂ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਤਰਜੀਹ ਦੇ ਆਧਾਰ ‘ਤੇ ਭਰਿਆ ਜਾਵੇ ਤਾਂ ਜੋ ਆਮ ਲੋਕਾਂ ਨੂੰ ਮੁੱਢਲੀਆਂ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਇਆ ਜਾ ਸਕੇ।ਪੱਟੀ ਤੋਂ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਸ਼ਹਿਰਾਂ ਵਿੱਚ ਸੀਵਰੇਜ ਸਿਸਟਮ, ਪਾਵਰ ਸਬ-ਸਟੇਸ਼ਨ ਅਤੇ ਸਟ੍ਰੀਟ ਲਾਈਟਾਂ ਦੀ ਲੋੜੀਂਦੀ ਸਾਂਭ-ਸੰਭਾਲ ਦੀ ਲੋੜ ‘ਤੇ ਜ਼ੋਰ ਦਿੱਤਾ। ਵਿਧਾਇਕ ਇੰਦਰਬੀਰ ਸਿੰਘ ਬੋਲਾਰੀਆ ਨੇ ਆਪਣੇ ਵਿਧਾਨ ਸਭਾ ਹਲਕੇ ਅਤੇ ਰਾਜ ਵਿੱਚ ਸਾਲਿਡ ਬੇਸਡ ਮੈਨੇਜਮੈਂਟ ਬਾਬਤ ਢੁੱਕਵਾਂ ਅਤੇ ਪੁਖਤਾ ਪ੍ਰਬੰਧ ਕਰਨ ਦੀ ਮੰਗ ਕਰਦਿਆਂ ਖੇਡ ਸਟੇਡੀਅਮ ਬਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ ਤਾਂ ਜੋ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਆ ਜਾ ਸਕੇ।ਸਕੂਲ ਸਿੱਖਿਆ ਵਿੱਚ ਸੁਧਾਰਾਂ ਸਬੰਧੀ ਵਿਧਾਇਕਾਂ ਦੇ ਸੁਝਾਅ ‘ਤੇ ਆਪਣਾ ਪੱਖ ਰੱਖਦਿਆਂ ਸਿੱਖਿਆ ਮੰਤਰੀ ਓ.ਪੀ. ਸੋਨੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਸਦਕਾ ਵਿਭਾਗ ਵੱਲੋਂ ਅਹਿਮ ਕਦਮ ਚੁੱਕੇ ਗਏ ਹਨ ਜਿਸ ਦੇ ਹਾਂ-ਪੱਖੀ ਸਿੱਟੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਆਉਂਦੇ ਸਮੇਂ ‘ਚ ਸਿੱਖਿਆ ਦੇ ਮਿਆਰ ਦੇ ਪੱਧਰ ਵਿੱਚ ਹੋਰ ਸੁਧਾਰ ਅਤੇ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਅਮਲ ਵਿੱਚ ਲਿਆਂਦੀ ਜਾ ਰਹੀ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਨਵਜੋਤ ਸਿੰਘ ਸਿੱਧੂ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਾਧੂ ਸਿੰਘ ਧਰਮਸੋਤ, ਅਰੁਣਾ ਚੌਧਰੀ, ਸੁਖਜਿੰਦਰ ਸਿੰਘ ਰੰਧਾਵਾ, ਚਰਨਜੀਤ ਸਿੰਘ ਚੰਨੀ, ਗੁਰਪ੍ਰੀਤ ਸਿੰਘ ਕਾਂਗੜ, ਸੁਖਬਿੰਦਰ ਸਿੰਘ ਸਰਕਾਰੀਆ, ਭਾਰਤ ਭੂਸ਼ਨ ਆਸ਼ੂ, ਵਿਜੇ ਇੰਦਰ ਸਿੰਗਲਾ, ਸੁੰਦਰ ਸ਼ਾਮ ਅਰੋੜਾ ਅਤੇ ਬਲਬੀਰ ਸਿੰਘ ਸਿੱਧੂ, ਅੰਮ੍ਰਿਤਸਰ ਤੋਂ ਮੈਂਬਰ ਲੋਕ ਸਭਾ ਗੁਰਜੀਤ ਸਿੰਘ ਔਜਲਾ ਅਤੇ ਮਾਝਾ ਖੇਤਰ ਦੇ ਹੋਰਨਾਂ ਵਿਧਾਇਕਾਂ ਫਤਿਹਜੰਗ ਸਿੰਘ ਬਾਜਵਾ, ਸੁਨੀਲ ਦੱਤੀ, ਤਰਸੇਮ ਸਿੰਘ ਡੀ ਸੀ, ਸੰਤੋਖ ਸਿੰਘ ਭਲਾਈਪੁਰ, ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਬਰਿੰਦਰਮੀਤ ਸਿੰਘ ਪਾਹੜਾ, ਬਲਵਿੰਦਰ ਸਿੰਘ ਲਾਡੀ, ਜੋਗਿੰਦਰ ਪਾਲ, ਡਾ. ਧਰਮਵੀਰ ਅਗਨੀਹੋਤਰੀ ਅਤੇ ਸੁਖਪਾਲ ਸਿੰਘ ਭੁੱਲਰ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਵਧੀਕ ਮੁੱਖ ਸਕੱਤਰ ਵਿਨੀ ਮਹਾਜਨ, ਵਧੀਕ ਮੁੱਖ ਸਕੱਤਰ ਸਤੀਸ਼ ਚੰਦਰਾ, ਵਧੀਕ ਮੁੱਖ ਸਕੱਤਰ ਐਮ.ਪੀ. ਸਿੰਘ, ਪ੍ਰਮੱਖ ਸਕੱਤਰ ਵਿੱਤ ਅਨਿਰੁੱਧ ਤਿਵਾੜੀ, ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਏ. ਵੇਨੂ ਪ੍ਰਸ਼ਾਦ, ਪ੍ਰਮੁੱਖ ਸਕੱਤਰ ਪੇਂਡੂ ਵਿਕਾਸ ਅਤੇ ਪੰਚਾਇਤਾਂ ਅਨੁਰਾਗ ਵਰਮਾ ਆਦਿ ਵੀ ਮੌਜੂਦ ਸਨ।


