ਰਾਜਧਾਨੀ ‘ਚ ਪ੍ਰਦੂਸ਼ਣ ਲਈ ਕੇਂਦਰ, ਹਰਿਆਣਾ ਤੇ ਪੰਜਾਬ ਸਰਕਾਰਾਂ ਜ਼ਿੰਮੇਵਾਰ :ਕੇਜਰੀਵਾਲ

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਜਧਾਨੀ ਵਿਚ ਹਵਾ ਪ੍ਰਦੂਸ਼ਣ ਦੀ ਲਗਾਤਾਰ ਖਰਾਬ ਹੁੰਦੀ ਸਥਿਤੀ ਲਈ ਕੇਂਦਰ ਸਰਕਾਰ, ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਕੇਜਰੀਵਾਲ ਨੇ ਸੋਮਵਾਰ ਨੂੰ ਟਵੀਟ ਕਰ ਕੇ ਕਿਹਾ ਕਿ ਰਾਜਧਾਨੀ ਵਿਚ ਪਹਿਲਾਂ ਪ੍ਰਦੂਸ਼ਣ ਇਕ ਨਿਸ਼ਚਿਤ ਸੀਮਾ ਵਿਚ ਸੀ ਪਰ ਇਸ ਵਾਰ ਕੇਂਦਰ, ਹਰਿਆਣਾ, ਪੰਜਾਬ ਸਰਕਾਰਾਂ ਦੀ ਵਜ੍ਹਾ ਕਰ ਕੇ ਰਾਜਧਾਨੀ ਦੇ ਲੋਕਾਂ ਨੂੰ ਪ੍ਰਦੂਸ਼ਣ ਦੀ ਇਸ ਸਥਿਤੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਇਸ ਦੇ ਨਾਲ ਹੀ ਕਿਹਾ ਕਿ ਦਿੱਲੀ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਕੇਂਦਰ, ਹਰਿਆਣਾ ਅਤੇ ਪੰਜਾਬ ਸਰਕਾਰਾਂ ਕੋਈ ਵੀ ਕਦਮ ਚੁੱਕਣ ਦੀ ਇੱਛੁਕ ਨਹੀਂ ਹਨ। ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਇਨ੍ਹਾਂ ਸੂਬਿਆਂ ਦੇ ਕਿਸਾਨ ਆਪਣੀਆਂ-ਆਪਣੀਆਂ ਸੂਬਾਈ ਸਰਕਾਰਾਂ ਤੋਂ ਪਰੇਸ਼ਾਨ ਹਨ। ਜ਼ਿਕਰਯੋਗ ਹੈ ਕਿ ਇਨ੍ਹਾਂ ਤਿੰਨਾਂ ਸੂਬਿਆਂ ਦੇ ਕਿਸਾਨਾਂ ਨੇ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਸਾੜਨਾ ਸ਼ੁਰੂ ਕਰ ਦਿੱਤਾ ਹੈ, ਇਸ ਦਾ ਜ਼ਹਿਰੀਲਾ ਧੂੰਆਂ ਰਾਜਧਾਨੀ ਵਿਚ ਪ੍ਰਦੂਸ਼ਣ ਦੇ ਪੱਧਰ ਨੂੰ ਵਧਾ ਰਿਹਾ ਹੈ। ਦਿੱਲੀ ਦੇ ਵਾਤਾਵਰਣ ਮੰਤਰੀ ਇਮਰਾਨ ਹੁਸੈਨ ਨੇ ਰਾਜਧਾਨੀ ਵਿਚ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਸਾਰੇ ਅਧਿਕਾਰੀਆਂ ਅਤੇ ਏਜੰਸੀਆਂ ਨੂੰ ਜੰਗੀ ਪੱਧਰ ‘ਤੇ ਕੰਮ ਕਰਨ ਨੂੰ ਕਿਹਾ ਹੈ।

VIA PUNJAB