ਵਿਜੀਲੈਂਸ ਨੇ ਰਿਸ਼ਵਤ ਲੈਂਦੇ ਦੋ ਛੋਟੇ ਥਾਣੇਦਾਰਾਂ ਨੂੰ ਰੰਗੇ ਹੱਥੀਂ ਦਬੋਚਿਆ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਅਰਬਨ ਅਸਟੇਟ ਥਾਣਾ, ਪਟਿਆਲਾ ਵਿਖੇ ਤਾਇਨਾਤ ਏ.ਐਸ.ਆਈ. ਸ਼ਮਸ਼ੇਰ ਸਿੰਘ ਅਤੇ ਮਹਿਲਾ ਸੈਲ ਥਾਣਾ ਪਟਿਆਲਾ ਵਿਖੇ ਤਾਇਨਾਤ ਏ.ਐਸ.ਆਈ. ਰਣਜੀਤ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਉਕਤ ਦੋਵੇਂ ਸਹਾਇਕ ਥਾਣੇਦਾਰਾਂ ਨੂੰ ਸ਼ਿਕਾਇਤਕਰਤਾ ਰੁਪਿੰਦਰ ਸਿੰਘ ਵਾਸੀ ਪਿੰਡ ਧਬਲਾਨ, ਪਟਿਆਲਾ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜਮਾਂ ਵਲੋਂ ਉਸ ਦੇ ਪਰਿਵਾਰ ਖਿਲਾਫ਼ ਦਰਜ ਕੇਸ ਵਿਚ ਮੱਦਦ ਕਰਨ ਅਤੇ ਪੜਤਾਲੀਆ ਰਿਪੋਰਟ ਉਸ ਦੇ ਹੱਕ ਵਿਚ ਕਰਨ ਬਦਲੇ 50,000 ਰੁਪਏ ਦੀ ਮੰਗ ਕੀਤੀ ਜਾ ਰਹੀ ਹੈ ਜਦਕਿ ਉਹ ਪਹਿਲਾਂ ਹੀ 10,000 ਰੁਪਏ ਪਹਿਲੀ ਕਿਸ਼ਤ ਵਜੋਂ ਅਦਾ ਕਰ ਚੁੱਕਾ ਹੈ।ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਸਹਾਹਿਕ ਥਾਣੇਦਾਰਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੂਜੀ ਕਿਸ਼ਤ ਦੇ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀਆਂ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

VIA PUNJAB