ਸੁਪਰੀਮ ਕੋਰਟ ਵਲੋਂ ਡਾਕਟਰਾਂ ਦੀ ਸੁਰੱਖਿਆ ਦੀ ਮੰਗ ਵਾਲੀ ਪਟੀਸ਼ਨ ਤੇ ਤੁਰੰਤ ਸੁਣਵਾਈ ਤੋਂ ਇਨਕਾਰ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਅੱਜ ਸਰਕਾਰੀ ਹਸਪਤਾਲ ਦੇ ਡਾਕਟਰਾਂ ਲਈ ਸੁਰੱਖਿਆ ਪ੍ਰਦਾਨ ਕਰਨ ਦੀ ਮੰਗ ਵਾਲੀ ਪਟੀਸ਼ਨ ਤੇ ਕੋਈ ਵੀ ਆਦੇਸ਼ ਪਾਸ ਕਰਨ ਤੋਂ ਇਨਕਾਰ ਕਰ ਦਿੱਤਾ ਹੈ| ਕੋਰਟ ਨੇ ਮਾਮਲੇ ਨੂੰ ਛੁੱਟੀ ਤੋਂ ਬਾਅਦ ਇਕ ਅਨੁਕੂਲ ਬੈਂਚ ਕੋਲ ਸੂਚੀਬਧ ਕਰਨ ਦਾ ਨਿਰਦੇਸ਼ ਦਿੱਤਾ ਹੈ| ਕੋਰਟ ਦਾ ਕਹਿਣਾ ਹੈ ਕਿ ਡਾਕਟਰਾਂ ਨੇ ਪੱਛਮੀ ਬੰਗਾਲ ਅਤੇ ਹੋਰ ਰਾਜਾਂ ਵਿੱਚ ਆਪਣੀ ਹੜਤਾਲ ਵਾਪਸ ਲੈ ਲਈ ਹੈ, ਅਜਿਹੇ ਵਿੱਚ ਪਟੀਸ਼ਨ ਤੇ ਸੁਣਵਾਈ ਦੀ ਕੋਈ ਲੋੜ ਨਹੀਂ ਹੈ| ਕੋਰਟ ਨੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰਨ ਤੋਂ ਇਨਕਾਰ ਕੀਤਾ ਪਰ ਕਿਹਾ ਕਿ ਉਹ ਡਾਕਟਰੀ ਪੇਸ਼ੇਵਰਾਂ ਦੀ ਸੁਰੱਖਿਆ ਨਾਲ ਜੁੜੇ ਵਿਆਪਕ ਮੁੱਦੇ ਦਾ ਹਾਲੇ ਨਿਪਟਾਰਾ ਨਹੀਂ ਕਰ ਰਿਹਾ ਹੈ| ਦੇਸ਼ ਭਰ ਦੇ ਹਸਪਤਾਲਾਂ ਵਿੱਚ ਡਾਕਟਰਾਂ ਦੀ ਸੁਰੱਖਿਆ ਦੀ ਮੰਗ ਨੂੰ ਲੈ ਕੇ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐਮ.ਏ.) ਵੀ ਕੋਰਟ ਪੁੱਜਿਆ| ਆਈ.ਐਮ.ਏ. ਨੇ ਦਖਲਅੰਦਾਜ਼ੀ ਅਰਜ਼ੀ ਦਾਇਰ ਕੀਤੀ ਹੈ| ਨਾਲ ਹੀ ਆਈ.ਐਮ.ਏ. ਨੇ ਇਸ ਮਾਮਲੇ ਵਿੱਚ ਪਟੀਸ਼ਨਕਰਤਾ ਅਲਕ ਆਲੋਕ ਸ਼੍ਰੀਵਾਸਤਵ ਵਲੋਂ ਦੱਸੇ ਗਏ ਕਾਰਨਾਂ ਦਾ ਸਮਰਥਨ ਕੀਤਾ ਹੈ| ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜਸਟਿਸ ਦੀਪਕ ਗੁਪਤਾ ਅਤੇ ਸੂਰੀਆਕਾਂਤ ਦੀ ਬੈਂਚ ਨੇ ਪਟੀਸ਼ਨ ਤੇ ਤੁਰੰਤ ਸੁਣਵਾਈ ਦੀ ਮੰਗ ਤੋਂ ਬਾਅਦ ਇਸ ਨੂੰ ਅੱਜ ਸੂਚੀਬੱਧ ਕਰਨ ਦੀ ਸਹਿਮਤੀ ਜ਼ਾਹਰ ਕੀਤੀ ਸੀ| ਇਸ ਪਟੀਸ਼ਨ ਵਿੱਚ ਸਰਕਾਰੀ ਹਸਪਤਾਲਾਂ ਵਿੱਚ ਸੁਰੱਖਿਆ ਕਰਮਚਾਰੀਆਂ ਦੀ ਤਾਇਨਾਤੀ ਦਾ ਨਿਰਦੇਸ਼ ਦੇਣ ਦੀ ਮੰਗ ਵੀ ਕੀਤੀ ਗਈ ਹੈ|

VIA PUNJAB